ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਬੁੱਧਵਾਰ ਨੂੰ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਹੋਰ ਵੇਰਵਿਆਂ ਅਤੇ ਖ਼ਬਰਾਂ ਲਈ ਸੁਣੋ ਇਹ ਆਡੀਓ ਰਿਪੋਰਟ
ਭਾਜਪਾ 'ਚ ਸ਼ਾਮਿਲ ਹੋਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਤਾਰੀਫ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਪ ਨਾਲ ਹੀ ਜੰਗ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਬੈਠੇ ਬੰਦਿਆਂ ਦਾ ਇੱਕ ਗੁੱਟ ਪੰਜਾਬ ਵਿੱਚ ਧੜੇਬਾਜ਼ੀ ਚਲਾ ਰਿਹਾ ਹੈ ਅਤੇ ਇਸ ਧੜੇਬੰਦੀ ਵਿੱਚ ਵਾਧਾ ਹੋ ਰਿਹਾ ਹੈ।
ਜ਼ਿਕਰਯੋਗ ਹੈ ਕਿ ਆਪਣੇ ਸਿਆਸੀ ਕਰੀਅਰ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ, ਮਨਪ੍ਰੀਤ ਬਾਦਲ ਨੇ 2007-11 ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਅਤੇ 2017-22 ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਪੰਜਾਬ ਦੇ ਵਿੱਤ ਮੰਤਰੀ ਵਜੋਂ ਸੇਵਾ ਨਿਭਾਈ ਹੈ।
2011 ਵਿੱਚ, ਮਨਪ੍ਰੀਤ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਪੀਪਲਜ਼ ਪਾਰਟੀ ਆਫ਼ ਪੰਜਾਬ ਦਾ ਗਠਨ ਕੀਤਾ ਸੀ। 2014 ਦੀਆਂ ਲੋਕ ਸਭਾ ਚੋਣਾਂ ਕਾਂਗਰਸ-ਸਮਰਥਿਤ ਉਮੀਦਵਾਰ ਵਜੋਂ ਲੜਨ ਤੋਂ ਬਾਅਦ ਉਹ 2016 ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।
ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸ਼੍ਰੀ ਬਾਦਲ ਉੱਤੇ ਸੋਸ਼ਲ ਮੀਡਿਆ ਉੱਤੇ ਤੰਜ ਕਸੇ ਜਾ ਰਹੇ ਹਨ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਨੂੰ ਮਨਪ੍ਰੀਤ ਸਿੰਘ ਬਾਦਲ ਦੇ ਪਾਰਟੀ ਤੋਂ ਅਸਤੀਫ਼ੇ ਨੂੰ "ਚੰਗਾ ਛੁਟਕਾਰਾ" ਕਰਾਰ ਦਿੰਦਿਆਂ ਉਨ੍ਹਾਂ ਨੂੰ "ਜਮਾਂਦਰੂ ਸੱਤਾ ਦਾ ਭੁੱਖਾ" ਕਰਾਰ ਦਿੱਤਾ।





